ਨਰਮੇ ਦਾ ਪ੍ਰਦਰਸ਼ਨੀ ਪਲਾਂਟ ਬਿਜਵਾਇਆ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 29 ਅਪ੍ਰੈਲ -ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਰਹਿਨੁਮਾਈ ਹੇਠ ਪਿੰਡ ਮਚਾਕੀ ਕਲਾਂ ਵਿਖੇ ਕਿਸਾਨ ਲਖਵਿੰਦਰ ਸਿੰਘ ਦੇ ਖੇਤ ਨਰਮੇ ‘ਚ ਪ੍ਰਦਰਸ਼ਨੀ ਪਲਾਟ ਬਿਜਵਾਇਆ ਗਿਆ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਕੁਦਰਤੀ ਸੋਮੇ ਜਿਵੇਂ ਕਿ ਪਾਣੀ ਅਤੇ ਜਮੀਨ ਦੀ ਸਾਂਭ ਸੰਭਾਲ ਜਰੂਰੀ ਹੈ, ਇਸ ਲਈ ਸਾਨੂੰ ਕੁਝ ਰਕਬਾ ਝੋਨੇ ਹੇਠੋਂ ਕੱਢ ਕੇ ਨਰਮੇ ਹੇਠ ਲਿਆਉਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਜਮੀਨੀ ਪੱਧਰ ਦੇ ਪਾਣੀ ਵਿੱਚ ਹਰ ਸਾਲ ਗਿਰਾਵਟ ਆ ਰਹੀ ਹੈ ਅਤੇ ਸਾਡਾ ਜਿਲਾ ਡਾਰਕ ਜੋਨ ਵਿੱਚ ਹੈ। ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਾਨੂੰ ਪਾਣੀ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜਿਲੇ ਫਰੀਦਕੋਟ ਵਿੱਚ ਨਰਮੇ ਦੀ ਬਿਜਾਈ ਦਾ ਟੀਚਾ 7050 ਏਕੜ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਾਕ ਫਰੀਦਕੋਟ ਦਾ ਟੀਚਾ 2800 ਏਕੜ ਹੈ। ਉਨ੍ਹਾਂ ਦੱਸਿਆ ਕਿ ਬਲਾਕ ਕੋਟਕਪੂਰਾ ਵਿੱਚ 4250 ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਜਾਵੇਗੀ। ਕਿਸਾਨਾਂ ਵਿੱਚ ਨਰਮੇ ਦੀ ਬਿਜਾਈ ਪ੍ਰਤੀ ਬਹੁਤ ਉਤਸ਼ਾਹ ਹੈ, ਸਰਕਾਰ ਵੱਲੋਂ ਨਹਿਰੀ ਪਾਣੀ ਵੀ 15 ਅਪ੍ਰੈਲ ਤੋਂ ਉਪਲਬਧ ਹੋ ਜਾਵੇਗਾ।ਇਸ ਮੌਕੇ ਡਾ. ਯਾਦਵਿੰਦਰ ਸਿੰਘ ਖੇਤੀ ਵਿਕਾਸ ਅਫਸਰ, ਸ੍ਰੀ ਸੁਖਦੀਪ ਸਿੰਘ ਖੇਤੀ ਉਪ ਨਿਰੀਖਕ ਅਤੇ ਮਚਾਕੀ ਕਲਾਂ ਦੇ ਕਿਸਾਨ ਹਾਜ਼ਰ ਸਨ।