ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਕਿਹਾ
ਫਰੀਦਕੋਟ 22 ਸਤੰਬਰ ( ਪਰਵਿੰਦਰ ਸਿੰਘ ਕੰਧਾਰੀ) ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਅੱਜ ਅਸ਼ੋਕਾ ਚੱਕਰ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਪੈਡਿੰਗ ਕੰਮਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਣ ਦੇ ਆਦੇਸ਼ ਵੀ ਦਿੱਤੇ।ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸਰਕਾਰ ਦੁਆਰਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਆਸ਼ੀਰਵਾਦ ਸਕੀਮ, ਆਟਾ ਦਾਲ ਸਕੀਮ, ਇਕ ਦੇਸ਼ ਇਕ ਕਾਰਡ, ਸਰਬੱਤ ਸਿਹਤ ਬੀਮਾ ਯੋਜਨਾ, ਨਸ਼ਾ ਮੁਕਤ ਪਿੰਡ, ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਘਰ ਘਰ ਰੋਜ਼ਗਾਰ ਮਿਸ਼ਨ, ਮਗਨਰੇਗਾ, ਸਮਾਰਟ ਵਿਲੇਜ਼ ਕੰਪੇਨ, ਮਹਾਮਤਾ ਗਾਂਧੀ ਸਰਬੱਤ ਵਿਕਾਸ ਯੋਜਨਾ, ਪੇਂਡੂ ਛੱਪੜਾਂ ਦੀ ਸਫਾਈ, ਜਲ ਜੀਵਨ ਮਿਸ਼ਨ, ਘਰ ਘਰ ਪਾਣੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਨਵੀਆਂ ਲਿੰਕ ਸੜਕਾਂ, ਪੇਂਡੂ ਖੇਡ ਸਟੇਡੀਅਮ, ਸਮਾਰਟ ਸਕੂਲ, ਆਂਗਣਵਾੜੀ ਸੈਂਟਰ, ਸਪਲੀਮੈਂਟਰੀ ਨਿਊਟਰੀਸ਼ਨ ਅਤੇ ਆਤਮਾ ਸਕੀਮ ਅਧੀਨ ਮਿੱਟੀ ਪਰਖ ਆਦਿ ਵੱਖ ਵੱਖ ਵਿਸ਼ਿਆਂ ਤੇ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਇਨ੍ਹਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਦੇ ਲੋਕਾਂ ਤੱਕ ਪਹੁੰਚ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਪਰਾਲੀ ਦੀ ਅੱਗ ਨਾਲ ਹੋਣ ਵਾਲੇ ਮਾਰੂ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨ, ਸਹਿਕਾਰੀ ਸਭਾਵਾਂ, ਕਸਟਮ ਹਾਈਰਿੰਗ ਸੈਂਟਰਾਂ ਤੋਂ ਕਿਸਾਨਾਂ ਦੇ ਨਿੱਜੀ ਵਰਤੋਂ ਲਈ ਸੰਦ ਕਿਰਾਏ ਤੇ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਸਕੀਮ ਅਧੀਨ ਕਿਸਾਨ ਪਰਾਲੀ ਸੁਚੱਜੀ ਸੰਭਾਲ ਕਰਨ ਲਈ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਪੈਡੀ ਚੌਪਰ, ਜ਼ੀਰੋ ਟਿੱਲ ਡਰਿੱਲ, ਸੁਪਰ ਐਸ.ਐਮ.ਐਸ.ਆਰ.ਐਮ.ਬੀ ਪਲੋਅ ਅਤੇ ਬੇਲਰ ਦੀ ਖਰੀਦ ਕਰ ਸਕਦੇ ਹਨ।ਇਸ ਮੌਕੇ ਡੀ.ਡੀ.ਪੀ.ਓ ਸ੍ਰੀ ਬਲਜੀਤ ਸਿੰਘ ਕੈਂਥ, ਸਿਵਲ ਸਰਜਨ ਡਾ. ਸੰਜੇ ਕਪੂਰ, ਐਕਸੀਅਨ ਪੰਚਾਇਤੀ ਰਾਜ ਮਹੇਸ਼ ਗਰਗ, ਜਿਲਾ ਮੰਡੀ ਅਫਸਰ ਸ੍ਰੀ ਸਲੋਧ ਬਿਸ਼ਨੋਈ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।